ਲੁਧਿਆਣਾ, ( 15 ਅਗਸਤ)
ਆਜ਼ਾਦੀ ਦਿਵਸ ਦੇ ਪਾਵਨ ਮੌਕੇ ’ਤੇ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਦੇਸ਼ ਭਗਤੀ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸੇ ਕੜੀ ਤਹਿਤ ਜ਼ਿਲ੍ਹਾ ਪੱਧਰੀ ਮੁੱਖ ਸਮਾਗਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦੇ ਐਥਲੈਟਿਕ ਗਰਾਊਂਡ ਵਿੱਚ ਕਰਵਾਇਆ ਗਿਆ, ਜਿੱਥੇ ਤਿਰੰਗੇ ਦੀ ਸ਼ਾਨ ਹੇਠ 80ਵਾਂ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।
ਸਮਾਗਮ ਵਿੱਚ ਪੰਜਾਬ ਦੇ ਵਿੱਤ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਰਾਸ਼ਟਰੀ ਝੰਡਾ ਲਹਿਰਾਇਆ। ਤਿਰੰਗਾ ਲਹਿਰਾਉਣ ਦੇ ਨਾਲ ਹੀ ਸਮਾਗਮ ਸਥਲ ’ਤੇ ਰਾਸ਼ਟਰੀ ਗੀਤ ਗੂੰਜਿਆ ਅਤੇ ਹਾਜ਼ਰ ਲੋਕਾਂ ਨੇ ਰਾਸ਼ਟਰੀ ਝੰਡੇ ਨੂੰ ਸਨਮਾਨ ਭੇਟ ਕੀਤਾ।
ਇਸ ਤੋਂ ਬਾਅਦ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਰੇਡ ਦਾ ਨਿਰੀਖਣ ਕੀਤਾ। ਵੱਖ-ਵੱਖ ਟੁਕੜੀਆਂ ਵੱਲੋਂ ਪਰੇਡ ਦੌਰਾਨ ਅਨੁਸ਼ਾਸਨ, ਜੋਸ਼ ਅਤੇ ਸਮਰਪਣ ਦਾ ਪ੍ਰਦਰਸ਼ਨ ਕੀਤਾ ਗਿਆ। ਸਮਾਗਮ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਅਮਲੇ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਿਰਕਤ ਕੀਤੀ।
ਇਹ ਸਮਾਗਮ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਸਿਜਦਾ ਕਰਨ ਦਾ ਮੌਕਾ ਵੀ ਬਣਿਆ। ਪੀਏਯੂ ਦੇ ਐਥਲੈਟਿਕ ਗਰਾਊਂਡ ਵਿੱਚ ਹੋਏ ਇਸ ਸਮਾਗਮ ਦੌਰਾਨ ਦੇਸ਼ ਪ੍ਰਤੀ ਸਨਮਾਨ ਅਤੇ ਏਕਤਾ ਦੀ ਭਾਵਨਾ ਸਪੱਸ਼ਟ ਤੌਰ ’ਤੇ ਨਜ਼ਰ ਆਈ।